ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ ‘ਤੇ ਹੋਏ ਹਮਲੇ ਦੀਆਂ ਕੜੀਆਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। 28 ਅਪਰੈਲ ਨੂੰ ਵਾਪਰੀ ਇਸ ਘਟਨਾ ਵਿੱਚ ਬੱਸੀ ਪਠਾਣਾ ਪੁਲਿਸ ਨੇ ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਹਾਸਲ ਸਬੂਤਾਂ ਤੇ ਸਰਕਾਰੀ ਗਵਾਹ ਬਣੇ ਦੋ ਨੌਜਵਾਨਾਂ ਤੋਂ ਪੁੱਛਗਿੱਛ ਦੇ ਆਧਾਰ ’ਤੇ ਕੀਤੀ ਹੈ।
ਇਸ ਮਾਮਲੇ ਵਿੱਚ ਬੱਸੀ ਪਠਾਣਾ ਥਾਣੇ ਦੀ ਪੁਲਿਸ ਨੇ ਸ਼ੁੱਕਰਵਾਰ ਨੂੰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਸੁਧਾਰ ਘਰ ਭੇਜ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਸਰਕਾਰੀ ਗਵਾਹ ਬਣ ਚੁੱਕੇ ਹਨ ਤੇ ਹਮਲੇ ਤੋਂ ਪਹਿਲਾਂ ਉਨ੍ਹਾਂ ਨੇ ਹੀ ਮਠਾੜੂ ਦੀ ਰੇਕੀ ਕੀਤੀ ਸੀ। ਹੁਣ ਇਨ੍ਹਾਂ ਸਰਕਾਰੀ ਗਵਾਹਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਕਰੀਮਪੁਰਾ ਦੇ ਵਸਨੀਕ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਮਾਮਲੇ ਵਿੱਚ ਅਕਾਲੀ ਆਗੂ ਚੀਮਾ ਤੋਂ ਇਲਾਵਾ ਮਨੀ, ਕਰਨ ਭਲਵਾਨ ਵਾਸੀ ਬਸੀ ਤੇ ਲਵਪ੍ਰੀਤ ਸਿੰਘ ਵਾਸੀ ਫਤਿਹਪੁਰ ਅਰਾਈਆਂ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਸਾਰਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 307, 323, 341, 120ਬੀ ਤੇ 34 ਤਹਿਤ ਕੇਸ ਦਰਜ ਕਰ ਲਿਆ ਹੈ। ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਵੀ ਹਨ।
ਦੱਸ ਦਈਏ ਕਿ ਜਗਦੀਪ ਚੀਮਾ ਦੇ ਪਿਤਾ ਰਣਧੀਰ ਸਿੰਘ ਚੀਮਾ ਪੰਜਾਬ ਦੀਆਂ ਅਕਾਲੀ ਸਰਕਾਰਾਂ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਇਸ ਸਮੇਂ ਰਣਧੀਰ ਸਿੰਘ ਚੀਮਾ ਸ਼੍ਰੋਮਣੀ ਕਮੇਟੀ ਮੈਂਬਰ ਹਨ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਗਦੀਪ ਸਿੰਘ ਚੀਮਾ ਫਤਿਹਗੜ੍ਹ ਸਾਹਿਬ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸਨ। ਹਾਲਾਂਕਿ ਚੀਮਾ ਦੀ ਜ਼ਮਾਨਤ ਜ਼ਬਤ ਹੋ ਗਈ ਸੀ।