The News Post Punjab

ਕੁੰਡੀ ਲਾਉਣ ਵਾਲਿਆਂ ਦੀ ਖੈਰ ਨਹੀਂ!, ਸਾਰੇ ਬਿਜਲੀ ਕੁਨੈਕਸ਼ਨਾਂ ਦੀ ਹੋਵੇਗੀ ਜਾਂਚ, ਸਖਤ ਕਾਰਵਾਈ ਦੇ ਹੁਕਮ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅਧਿਕਾਰੀਆਂ ਨੂੰ ਬਿਜਲੀ ਚੋਰੀ ਰੋਕਣ ਲਈ ਸੂਬੇ ਭਰ ਵਿਚ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ।

ਇੱਥੇ ਜਾਰੀ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਨਿਯਮਤ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ। ਇਸ ਤੋਂ ਇਲਾਵਾ ਬਿਜਲੀ ਚੋਰੀ ‘ਤੇ ਰੋਕ ਲਗਾ ਕੇ ਰਾਜ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।

ਬਿਜਲੀ ਮੰਤਰੀ ਨੇ ਸਬੰਧਤ ਪੀ.ਐਸ.ਪੀ.ਸੀ.ਐਲ. ਅਧਿਕਾਰੀਆਂ ਨੂੰ ਜਾਂਚ ਸਬੰਧੀ ਰੋਜ਼ਾਨਾ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਘਰੇਲੂ, ਵਪਾਰਕ, ​​ਖੇਤੀਬਾੜੀ ਅਤੇ ਉਦਯੋਗਿਕ ਸਾਰੇ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰੋਜ਼ਾਨਾ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕਰਨ ਅਤੇ ਰਿਪੋਰਟ ਦੇਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।

ਬਿਜਲੀ ਮੰਤਰੀ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਕਾਰਵਾਈਆਂ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਰਿਪੋਰਟਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ‘ਤੇ ਜੁਰਮਾਨਾ ਲਾਉਣ ਅਤੇ ਐਫਆਈਆਰ ਦਰਜ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਸਪੱਸ਼ਟ ਕਿਹਾ ਕਿ ਬਿਜਲੀ ਚੋਰੀ ਭ੍ਰਿਸ਼ਟਾਚਾਰ ਤੋਂ ਘੱਟ ਨਹੀਂ ਹੈ, ਇਸ ਲਈ ਇਸ ਤਰ੍ਹਾਂ ਦੇ ‘ਭ੍ਰਿਸ਼ਟਾਚਾਰ’ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਪਾਵਰਕੌਮ ਦੀ ਸਾਲ 2023-24 ਦੌਰਾਨ ਬਿਜਲੀ ਘਾਟਿਆਂ ਦੀ ਰਿਪੋਰਟ ਵੀ ਬਿਜਲੀ ਚੋਰੀ ਵੱਲ ਇਸ਼ਾਰਾ ਕਰਦੀ ਹੈ ਜਿਸ ’ਚ ਸਾਹਮਣੇ ਆਇਆ ਹੈ ਕਿ ਪੰਜਾਬ ਵਿੱਚ ਬਿਜਲੀ ਚੋਰੀ ਦਾ ਅੰਕੜਾ 2600 ਕਰੋੜ ਨੂੰ ਪਾਰ ਕਰ ਗਿਆ ਹੈ।

ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਸੀ ਕਿ ਹੁਣ ਬਿਜਲੀ ਦੀ ਖਪਤ ਵਿੱਚ ਵਾਧਾ ਹੋਣ ਕਰਕੇ ਬਿਜਲੀ ਚੋਰੀ ਦੀ ਰਕਮ ਕਾਫ਼ੀ ਵਧ ਗਈ ਹੈ।ਰਿਪੋਰਟ ਅਨੁਸਾਰ ਪੰਜਾਬ ਦੀਆਂ 104 ਡਿਵੀਜ਼ਨਾਂ ਵਿੱਚੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹਲਕਾ ਪੱਟੀ ਦਾ ਨਾਮ ਸਿਖਰ ’ਤੇ ਹੈ। ਪੱਟੀ ਡਿਵੀਜ਼ਨ ’ਚ ਸਾਲਾਨਾ 144 ਕਰੋੜ ਦੀ ਬਿਜਲੀ ਚੋਰੀ ਹੁੰਦੀ ਹੈ। ਪੰਜਾਬ ਵਿੱਚੋਂ ਪੱਟੀ, ਜ਼ੀਰਾ, ਭਿੱਖੀਵਿੰਡ ਅਤੇ ਅੰਮ੍ਰਿਤਸਰ ਪੱਛਮੀ ਅਜਿਹੀਆਂ ਡਿਵੀਜ਼ਨਾਂ ਹਨ ਜੋ ਬਿਜਲੀ ਚੋਰੀ ਦੇ ਰੈੱਡ ਜ਼ੋਨ ਵਿੱਚ ਆਉਂਦੀਆਂ ਹਨ ਅਤੇ ਇਨ੍ਹਾਂ ਚਾਰ ਡਿਵੀਜ਼ਨਾਂ ਵਿੱਚ 520 ਕਰੋੜ ਰੁਪਏ ਦੀ ਸਾਲਾਨਾ ਬਿਜਲੀ ਚੋਰੀ ਹੁੰਦੀ ਹੈ।

ਪੰਜਵਾਂ ਨੰਬਰ ਬਾਘਾਪੁਰਾਣਾ ਡਿਵੀਜ਼ਨ ਦਾ ਹੈ ਜਿੱਥੇ 99.25 ਕਰੋੜ ਦੀ ਬਿਜਲੀ ਚੋਰੀ ਹੋ ਰਹੀ ਹੈ। ਜਲਾਲਾਬਾਦ ਡਿਵੀਜ਼ਨ ਵਿੱਚ ਸਾਲਾਨਾ 94.93 ਕਰੋੜ ਦੀ ਬਿਜਲੀ ਚੋਰੀ ਹੋ ਰਹੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ’ਚ ਪੈਂਦੀ ਸੁਨਾਮ ਡਿਵੀਜ਼ਨ ਵਿਚ 40 ਕਰੋੜ ਸਾਲਾਨਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹਲਕੇ ਅਜਨਾਲਾ ਡਿਵੀਜ਼ਨ ਵਿੱਚ ਸਾਲਾਨਾ 90 ਕਰੋੜ ਦੀ ਬਿਜਲੀ ਚੋਰੀ ਹੋ ਰਹੀ ਹੈ ਜਦੋਂ ਕਿ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਡਿਵੀਜ਼ਨ ਬਾਦਲ ਵਿੱਚ ਵੀ ਕਰੀਬ 27 ਕਰੋੜ ਦੀ ਬਿਜਲੀ ਚੋਰੀ ਹੋ ਰਹੀ ਹੈ।

Exit mobile version