Breaking News Flash News Punjab

ਸਰਕਾਰੀ ਬੱਸਾਂ ”ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ

ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (PRTC) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਨੇੜਲੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਨਾ ਕਰਨ ਜਾ ਰਹੀ ਹੈ। ਇਸ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਦੀ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਜਨਵਰੀ, 2025 ਤਕ ਮੁਕੰਮਲ ਕਰ ਕੇ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗਾ ਸਗੋਂ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੀ ਸਿੱਧੇ ਤੌਰ ’ਤੇ ਹੱਲ ਕਰੇਗਾ।

ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ, ਜਿਸ ਨਾਲ ਹੁਣ ਚੀਕਾ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਤੇ ਪਿਹੋਵਾ ਸਮੇਤ 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਨੇੜਲੇ ਕਸਬਿਆਂ ਨੂੰ ਬੱਸ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਆਪਣੇ ਬੇੜੇ ਦਾ ਹੋਰ ਵਿਸਤਾਰ ਕਰਨ ਜਾ ਰਿਹਾ ਹੈ ਤੇ ਕਿਲੋਮੀਟਰ ਸਕੀਮ ਰਾਹੀਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ’ਚ ਕੁੱਲ 85 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਤੇ 81 ਵਿਅਕਤੀਆਂ ਨੂੰ ਪਹਿਲਾਂ ਹੀ ਲੈਟਰ ਆਫ ਇੰਟੈਂਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰ ਕੇ ਸਥਾਨਕ ਉੱਦਮੀਆਂ ਨੂੰ ਹੋਰ ਸਮਰੱਥ ਬਣਾਉਂਦਿਆਂ ਸੂਬਾ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਟਿਕਾਊ ਬੁਨਿਆਦੀ ਢਾਂਚੇ ਵੱਲ ਅਹਿਮ ਕਦਮ ਪੁੱਟਦਿਆਂ PRTC ਵੱਲੋਂ ਇਕ ਵੱਡੇ ਸੋਲਰ ਪਲਾਂਟ ਪ੍ਰਾਜੈਕਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਅਹਿਮ ਸੌਰ ਪ੍ਰਾਜੈਕਟ ਤਹਿਤ ਮੁੱਖ ਦਫ਼ਤਰ, ਸਾਰੇ ਡਿਪੂਆਂ ਤੇ ਬੱਸ ਸਟੈਂਡਾਂ ’ਚ ਸੋਲਰ ਪਾਵਰ ਨਾਲ ਲੈਸ ਸਹੂਲਤਾਂ ਸਥਾਪਿਤ ਕੀਤੀਆਂ ਜਾਣਗੀਆਂ। 2.87 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਸਤਾਵਿਤ 775 ਕਿਲੋਵਾਟ ਸੋਲਰ ਪ੍ਰਾਜੈਕਟ ਨਾਲ ਪੀ. ਆਰ. ਟੀ. ਸੀ. ਸਾਲਾਨਾ ਲਗਭਗ 97 ਲੱਖ ਰੁਪਏ ਦੀ ਬਿਜਲੀ ਦੀ ਬਚਤ ਕਰੇਗੀ। ਇਸ ਪ੍ਰਾਜੈਕਟ ਦੀ ਰਾਸ਼ੀ ਦੀ ਵਾਪਸੀ ਲਈ ਅਨੁਮਾਨਤ ਮਿਆਦ ਤਿੰਨ ਸਾਲਾਂ ਤੋਂ ਵੀ ਘੱਟ ਹੋਵੇਗੀ।

LEAVE A RESPONSE

Your email address will not be published. Required fields are marked *