The News Post Punjab

ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਇਸ ਹਾਲ ‘ਚ ਵੇਖ ਭੁੱਬਾਂ ਮਾਰ-ਮਾਰ ਰੋਇਆ ਪਰਿਵਾਰ

ਜਲੰਧਰ ਦੇ ਨਕੋਦਰ ਦੇ ਥਾਣਾ ਮਹਿਤਪੁਰ ਅਧੀਨ ਪੈਂਦੇ ਪਿੰਡ ਮਹਿਤਪੁਰ ‘ਚ ਇਕ ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਨਵਜੋਤ ਕੌਰ ਵਜੋਂ ਹੋਈ ਹੈ। ਉਥੇ ਹੀ ਪੇਕੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨਵਜੋਤ ਕੌਰ ਦੇ ਸਹੁਰੇ ਵਾਲੇ ਉਨ੍ਹਾਂ ਦੀ ਧੀ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਦੇ ਸਨ, ਉਨ੍ਹਾਂ ਨੇ ਹੀ ਸਾਡੀ ਧੀ ਨੂੰ ਮਾਰਿਆ ਹੈ। ਫਿਲਹਾਲ ਪੁਲਸ ਨੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੁੜੀ ਦੇ ਦਾਦਾ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਪੋਤੀ ਦਾ ਵਿਆਹ ਜਸਵਿੰਦਰ ਸਿੰਘ ਨਾਲ ਕੀਤਾ ਸੀ ਅਤੇ ਵਿਆਹ ਦੇ ਇਕ ਸਾਲ ਬਾਅਦ ਹੀ ਉਹ ਉਸ ਦੀ ਕੁੱਟਮਾਰ ਕਰਨ ਲੱਗ ਗਏ ਸਨ। ਮੇਰੀ ਪੋਤੀ ਨੂੰ ਕਾਫ਼ੀ ਸਮੇਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਹੁਣ ਉਸ ਨੂੰ ਮਾਰ ਦਿੱਤਾ ਗਿਆ ਹੈ, ਸਾਨੂੰ ਕੱਲ੍ਹ 11 ਵਜੇ ਫੋਨ ਕਰਕੇ ਦੱਸਿਆ ਗਿਆ ਕਿ ਨਵਜੋਤ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਜਾਵੇਗੀ ਪਰ ਸਾਨੂੰ ਲੱਗਦਾ ਹੈ ਕਿ ਪਹਿਲਾਂ ਉਸ ਦਾ ਕਤਲ ਕੀਤਾ ਗਿਆ ਹੈ ਅਤੇ ਫਿਰ ਕੁੜੀ ਨੂੰ ਜ਼ਹਿਰੀਲਾ ਪਦਾਰਥ ਖੁਆਇਆ ਗਿਆ ਹੈ

ਉਥੇ ਹੀ ਦੂਜੇ ਪਾਸੇ ਏ. ਐੱਸ. ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਕੁੜੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ’ਤੇ ਕੁੜੀ ਦੇ ਸਹੁਰੇ ਸਰਜੀਤ ਸਿੰਘ, ਸੱਸ ਮਹਿੰਦਰ ਕੌਰ ਅਤੇ ਪਤੀ ਜਸਵਿੰਦਰ ਸਿੰਘ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ, ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version