Breaking News Flash News Punjab

Amritpal Singh: ਅੰਮ੍ਰਿਤਪਾਲ ਸਿੰਘ ਨੇ NSA ਦਾ ਸਮਾਂ ਵਧਾਉਣ ਨੂੰ ਲੈਕੇ ਹਾਈਕੋਰਟ ‘ਚ ਦਿੱਤੀ ਚੁਣੌਤੀ, ਅੱਜ ਹੋਵੇਗੀ ਸੁਣਵਾਈ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦਾ ਸਮਾਂ ਵਧਾਉਣ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਵੇਗੀ। ਪਟੀਸ਼ਨ ‘ਚ ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਮੈਂਬਰ ‘ਤੇ ਐੱਨਐੱਸਏ ਲਗਾਉਣਾ ਗਲਤ ਹੈ।

ਇੱਕ ਸਾਲ ਤੋਂ ਵਧ ਸਮੇਂ ਤੋਂ ਜੇਲ੍ਹ ਵਿੱਚ ਹਨ ਬੰਦ
ਇਸ ਸਮੇਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅਦਾਲਤ ‘ਚ ਅੰਮ੍ਰਿਤਪਾਲ ਸਿੰਘ ਵਲੋਂ ਦਰਜ ਪਟੀਸ਼ਨ ‘ਚ ਕਿਹਾ ਗਿਆ ਹੈ ਕਿ NSA ਦੀ ਮਿਆਦ ਇਕ ਸਾਲ ਲਈ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਸੂਬੇ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹਨ। ਉਨ੍ਹਾਂ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੇ ਸੰਸਦ ਮੈਂਬਰ ਦੇ ਅਹੁਦੇ ਨੂੰ ਵੀ ਦਿੱਤੀ ਚੁਣੌਤੀ 
ਅੰਮ੍ਰਿਤਪਾਲ ਸਿੰਘ ਦੇ ਸੰਸਦ ਮੈਂਬਰ ਦੇ ਅਹੁਦੇ ਨੂੰ ਹੁਣ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਰਹੇ ਵਿਕਰਮਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ 5 ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ। ਦਲੀਲ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਦਸਤਾਵੇਜ਼ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਹਨ।
ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡਾਂ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਪਵਾਈ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ। ਹੁਣ ਇਸ ਮਾਮਲੇ ਦੀ ਸੁਣਵਾਈ 5 ਅਗਸਤ ਨੂੰ ਹੋਵੇਗੀ।

LEAVE A RESPONSE

Your email address will not be published. Required fields are marked *