Flash News Breaking News Punjab

Farmers Protest: ਕਿਸਾਨ ਅੰਦੋਲਨ ਦੀ ਕਮਾਨ ਬੀਬੀਆਂ ਹੱਥ! ਪੰਜਾਬ-ਹਰਿਆਣਾ ਤੋਂ ਵੱਡੀ ਗਿਣਤੀ ਮਹਿਲਾ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪੁੱਜ ਰਹੀਆਂ

ਅੱਜ 8 ਮਾਰਚ ਨੂੰ ਕਿਸਾਨ ਅੰਦੋਲਨ ਦਾ 25ਵਾਂ ਦਿਨ ਹੈ। ਹਜ਼ਾਰਾਂ ਕਿਸਾਨ ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਖਾਸ ਗੱਲ ਇਹ ਹੈ ਕਿ ਅੱਜ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ‘ਚ ਔਰਤਾਂ ਸ਼ੰਭੂ ਤੇ ਖਨੌਰੀ ਮੋਰਚੇ ‘ਤੇ ਪੁੱਜਣਗੀਆਂ। ਅੱਜ ਦੋਹਾਂ ਸਰਹੱਦਾਂ ਉਪਰ ਅੰਦੋਲਨ ਦੀ ਵਾਗਡੋਰ ਤੇ ਮੰਚ ਸੰਚਾਲਨ ਔਰਤਾਂ ਦੇ ਹੱਥਾਂ ਵਿੱਚ ਹੋਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਧ ਤੋਂ ਵੱਧ ਔਰਤਾਂ ਨੂੰ ਪੁੱਜਣ ਦੀ ਅਪੀਲ ਕੀਤੀ ਹੈ।

ਉਧਰ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰ ਰਹੀਆਂ ਹਨ। ਕੇਰਲ ਦੇ ਕਿਸਾਨਾਂ ਦਾ ਇੱਕ ਸਮੂਹ ਵੀਰਵਾਰ ਨੂੰ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਇਆ ਹੈ। ਤ੍ਰਿਪੁਰਾ, ਤਾਮਿਲਨਾਡੂ ‘ਚ ਕਿਸਾਨਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ, ਜਿਸ ਦੇ ਵਿਰੋਧ ‘ਚ ਟ੍ਰੇਨਾਂ ਨੂੰ ਦੋ ਘੰਟੇ ਲਈ ਰੋਕਿਆ ਗਿਆ। ਰੇਲਵੇ ਪੁਲਿਸ ਨੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਚੱਲ ਰਹੇ ਅੰਦੋਲਨ ਦਾ ਅੱਜ 25ਵਾਂ ਦਿਨ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਗੱਲਾਂ ਸੱਚ ਸਾਬਤ ਹੋ ਰਹੀਆਂ ਹਨ। ਸਰਕਾਰ ਟਰੈਕਟਰ-ਟਰਾਲੀ ਬਾਰੇ ਸਿਰਫ਼ ਬਹਾਨੇ ਬਣਾ ਰਹੀ ਸੀ। ਅਸਲੀਅਤ ਇਹ ਹੈ ਕਿ ਮੋਦੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਹੀ ਨਹੀਂ ਦੇਣਾ ਚਾਹੁੰਦੀ। ਸਾਨੂੰ ਸੂਚਨਾ ਮਿਲੀ ਹੈ ਕਿ ਕਰੀਬ 147 ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਰਕਾਰ ਨੇ ਜੰਤਰ-ਮੰਤਰ ‘ਤੇ ਧਾਰਾ 144 ਲਾਗੂ ਕਰ ਦਿੱਤੀ ਹੈ।

ਕਿਸਾਨਾਂ ਨੇ ਐਲਾਨ ਕੀਤਾ ਹੋਇਆ ਹੈ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਨੀ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ।

LEAVE A RESPONSE

Your email address will not be published. Required fields are marked *