ਪੰਜਾਬ ਦੀ ਮਾਨ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਅੰਮ੍ਰਿਤਪਾਲ ਸਿੰਘ ਇਸ ਵੇਲੇ ਆਪਣੇ 9 ਸਾਥੀਆਂ ਨਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨਐਸਏ ਤਹਿਤ ਨਜ਼ਰਬੰਦ ਹੈ।
ਸਾਬਕਾ ਸੰਸਦ ਮੈਂਬਰ ਅਤੇ ਅੰਮ੍ਰਿਤਪਾਲ ਸਿੰਘ ਦੇ ਬੁਲਾਰੇ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਪੈਰੋਲ ਦੇਣ ਲਈ ਅਰਜ਼ੀ ਭੇਜੀ ਗਈ ਸੀ ਕਿਉਂਕਿ ਅੰਮ੍ਰਿਤਸਰ ਵਿੱਚ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਡੀਐਮ ਨੇ ਅਰਜ਼ੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜ ਦਿੱਤੀ, ਜਿਨ੍ਹਾਂ ਨੇ ਇਸ ਨੂੰ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਚੁਣੇ ਹੋਏ ਸੰਸਦ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਲੋਕ ਸਭਾ ਸਪੀਕਰ ਨੇ ਅਰਜ਼ੀ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।
ਦਰਅਸਲ, ਪਰਿਵਾਰ ਦੀ ਤਰਫੋਂ ਡੀਸੀ ਅੰਮ੍ਰਿਤਸਰ ਨੂੰ ਪੈਰੋਲ ਲਈ ਅਰਜ਼ੀ ਭੇਜੀ ਗਈ ਸੀ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਗਈ ਹੈ।
ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਲੋਕ ਸਭਾ ਸਪੀਕਰ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਤੋਂ ਦਰਖਾਸਤ ਮਿਲਣ ਤੋਂ ਬਾਅਦ ਉਨ੍ਹਾਂ ਨੇ ਸਪੀਕਰ ਤੋਂ ਕੱਲ੍ਹ ਹੀ ਸਮਾਂ ਮੰਗਿਆ ਹੈ।