Breaking News Flash News Punjab

AMRITPAL SINGH CASE:ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ CM ਭਗਵੰਤ ਮਾਨ ਨੂੰ ਪੱਤਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਉਣ ਲਈ ਕਿਹਾ ਹੈ।

ਇਸ ਤੋਂ ਇਲਾਵਾ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਲਈ ਵੀ ਆਖਿਆ ਗਿਆ ਹੈ। ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਅੰਮ੍ਰਿਤਸਰ ’ਚ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜ ਰਹੀ ਹੈ। ਧਾਮੀ ਨੇ ਲਿਖਿਆ ਹੈ ਕਿ ਇਸ ਲਈ ਸਰਕਾਰ ਨੂੰ ਇਹ ਮਾਮਲਾ ਤੁਰੰਤ ਹੱਲ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਪੱਤਰ ਵਿਚ ਲਿਖਿਆ ਹੈ-

‘ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਾਡੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਜੇਲ੍ਹ ਅੰਦਰ ਜਾਣਬੁੱਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀਆਂ ਬੈਰਕਾਂ ਅੰਦਰ ਨਿੱਜਤਾ ਦੀ ਉਲੰਘਣਾ ਕਰਦਿਆਂ ਕੈਮਰੇ ਅਤੇ ਰਿਕਾਰਡਰ ਲਗਾਏ ਜਾਣ ਦੀ ਗੱਲ ਸਾਡੇ ਤੱਕ ਪੁੱਜੀ ਹੈ। ਇਨ੍ਹਾਂ ਨੂੰ ਲੋੜ ਅਨੁਸਾਰ ਖਾਣਾ ਅਤੇ ਸਿਹਤ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ। ਇਸ ਦੇ ਰੋਸ ਵਜੋਂ ਇਨ੍ਹਾਂ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰਦਿਆਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜਨੀ ਸ਼ੁਰੂ ਗਈ ਹੈ।’

‘ਮਹਿਸੂਸ ਹੁੰਦਾ ਹੈ ਕਿ ਜਿਵੇਂ ਜੇਲ੍ਹ ਅੰਦਰ ਇਨ੍ਹਾਂ ਨੌਜਵਾਨਾਂ ਵਿਰੁੱਧ ਕੋਈ ਸਾਜ਼ਿਸ਼ ਘੜੀ ਜਾ ਰਹੀ ਹੈ ਹੋਵੇ। ਇਨ੍ਹਾਂ ਦੇ ਮਾਨਵੀ ਅਧਿਕਾਰਾਂ ਦਾ ਉਲੰਘਣ ਪ੍ਰਵਾਨ ਨਹੀਂ ਕੀਤਾ ਜਾ ਸਕਦਾ, ਇਸ ਲਈ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਸੇਵਾਦਾਰ ਹੁੰਦਿਆਂ ਤੁਹਾਨੂੰ ਇਸ ਮਾਮਲੇ ਪ੍ਰਤੀ ਸੰਜੀਦਗੀ ਨਾਲ ਵਿਚਾਰ ਕਰਨ ਲਈ ਆਖਦਾ ਹਾਂ।

ਇਨ੍ਹਾਂ ਪੰਜਾਬ ਦੇ ਨੌਜਵਾਨਾਂ ਨਾਲ ਬੇਗਾਨਗੀ ਵਾਲਾ ਸਲੂਕ ਕਰਨ ਦੀ ਥਾਂ ਸਰਕਾਰ ਨੂੰ ਸੰਜੀਦਗੀ ਨਾਲ ਮਸਲੇ ਦਾ ਹੱਲ ਕਰਨ ਵੱਲ ਤੁਰਨਾ ਚਾਹੀਦਾ ਹੈ। ਕਿਉਂਕਿ ਇਹ ਸਿੱਖ ਨੌਜਵਾਨ ਪੰਜਾਬ ਨਾਲ ਸਬੰਧਤ ਹਨ, ਇਸ ਲਈ ਇਨ੍ਹਾਂ ਦੀ ਨਜ਼ਰਬੰਦੀ ਵੀ ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖੀ ਜਾਣੀ ਚਾਹੀਦੀ ਹੈ। ਸੋ ਅਸਾਮ ਦੀ ਜਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਨੂੰ ਤੁਰੰਤ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਏ ਜਾਣ।

LEAVE A RESPONSE

Your email address will not be published. Required fields are marked *