Breaking News Flash News Punjab

Chandigarh News: ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀ ਸਖਤੀ ਨੂੰ ਹਾਈਕੋਰਟ ‘ਚ ਚੁਣੌਤੀ, ਅੱਜ ਹੋਏਗਾ ਫੈਸਲਾ?

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਦਿੱਲੀ ਦੇ ਵਕੀਲ ਨੇ ਹੱਦਾਂ ਸੀਲ ਕਰਨ ਤੇ ਇੰਟਰਨੈੱਟ ‘ਤੇ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ। ਇਸ ‘ਤੇ ਹਾਈ ਕੋਰਟ ‘ਚ ਅੱਜ ਸੁਣਵਾਈ ਹੋਵੇਗੀ।

ਪਟੀਸ਼ਨ ਦਾਇਰ ਕਰਨ ਵਾਲੇ ਦਿੱਲੀ ਦੇ ਵਕੀਲ ਉਦੈ ਪ੍ਰਤਾਪ ਖਬਰੂਪ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਾ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਦਲੀਲ ਦਿੱਤੀ ਕਿ ਹੱਦਾਂ ਸੀਲ ਕਰਨ ਤੇ ਮੋਬਾਈਲ ਇੰਟਰਨੈਟ ਤੇ ਐਸਐਮਐਸ ਸੇਵਾ ਬੰਦ ਕਰਨ ਨਾਲ ਇੱਕ ਪਾਸੇ ਕਿਸਾਨਾਂ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ ਤੇ ਦੂਜੇ ਪਾਸੇ ਆਮ ਲੋਕਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਹਰਿਆਣਾ ਤੇ ਪੰਜਾਬ ਸਰਕਾਰਾਂ ਦੇ ਨਾਲ-ਨਾਲ ਉਨ੍ਹਾਂ ਨੇ ਇਸ ਪਟੀਸ਼ਨ ‘ਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਧਿਰ ਬਣਾਇਆ ਹੈ। ਉਨ੍ਹਾਂ ਹਾਈਕੋਰਟ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਸ਼ਾਂਤਮਈ ਧਰਨੇ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਸਾਰੇ ਕਦਮਾਂ ਨੂੰ ਤੁਰੰਤ ਰੋਕਿਆ ਜਾਵੇ।

ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਐਤਵਾਰ ਤੋਂ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਹ ਸਾਰੇ ਜ਼ਿਲ੍ਹੇ ਪੰਜਾਬ ਦੀ ਹੱਦ ਨਾਲ ਲੱਗਦੇ ਹਨ। ਗ੍ਰਹਿ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਸ਼ਨੀਵਾਰ ਨੂੰ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਸਨ।

ਹਾਸਲ ਜਾਣਕਾਰੀ ਮੁਤਾਬਕ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੈ, ਉਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਨੂੰ ਰਾਤ 11.59 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਸਰਕਾਰੀ ਹੁਕਮਾਂ ਅਨੁਸਾਰ ਵਟਸਐਪ, ਫੇਸਬੁੱਕ, ਐਕਸ ਆਦਿ ਰਾਹੀਂ ਸੰਦੇਸ਼ ਨਹੀਂ ਭੇਜੇ ਜਾ ਸਕਦੇ ਹਨ। ਇਸ ਦੌਰਾਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਿੱਜੀ ਸੁਨੇਹੇ ਭੇਜਣਾ, ਫ਼ੋਨ ਰੀਚਾਰਜ, ਬੈਂਕਿੰਗ ਐਸਐਮਐਸ, ਵੌਇਸ ਕਾਲ, ਬਰਾਡਬੈਂਡ ਰਾਹੀਂ ਇੰਟਰਨੈੱਟ ਸੇਵਾ, ਕਾਰਪੋਰੇਟ ਤੇ ਘਰੇਲੂ ਲਾਈਨਾਂ ਰਾਹੀਂ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਗਿਆ ਹੈ।

LEAVE A RESPONSE

Your email address will not be published. Required fields are marked *