The News Post Punjab

FARMER PROTEST DELHI: ਕਿਲ੍ਹੇ ‘ਚ ਤਬਦੀਲ ਹੋਈ ਦਿੱਲੀ, ਸਾਰੇ ਬਾਰਡਰ ਸੀਲ; 2 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਇਆ

ਕਿਸਾਨ ਯੂਨੀਅਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਹਰਿਆਣਾ ਅਤੇ ਦਿੱਲੀ ਦੀ ਪੁਲਿਸ ਹਾਈ ਅਲਰਟ ‘ਤੇ ਹੈ। ਪੁਲਿਸ ਨੇ ਮੰਗਲਵਾਰ ਨੂੰ ਮਾਰਚ ਨੂੰ ਰੋਕਣ ਲਈ ਸਿੰਘੂ ਅਤੇ ਗਾਜ਼ੀਪੁਰ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ।

ਕੰਕਰੀਟ ਦੇ ਬੈਰੀਅਰ ਅਤੇ ਕੰਡਿਆਲੀ ਤਾਰ ਲਗਾ ਕੇ ਇਨ੍ਹਾਂ ਹੱਦਾਂ ਨੂੰ ਕਿਲ੍ਹਿਆਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਮਨਾਹੀ ਦੇ ਹੁਕਮ ਲਾਗੂ ਕੀਤੇ ਹਨ ਅਤੇ ਹਜ਼ਾਰਾਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਰਾਸ਼ਟਰੀ ਰਾਜਧਾਨੀ ਦੇ ਉੱਤਰ-ਪੂਰਬੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਸਨ। ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਸਾਰੇ ਯਤਨ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

2 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹਾਂ ਬਣਾਇਆ
ਇਸ ਦੌਰਾਨ ਹਰਿਆਣਾ ਦੇ ਅਧਿਕਾਰੀਆਂ ਨੇ ਅੰਬਾਲਾ ਨੇੜੇ ਸ਼ੰਭੂ ਵਿਚ ਪੰਜਾਬ ਨਾਲ ਲੱਗਦੀ ਸਰਹੱਦ ਨੂੰ ਸੀਲ ਕਰ ਦਿੱਤਾ ਹੈ। ਮਾਰਚ ਨੂੰ ਰੋਕਣ ਲਈ ਜੀਂਦ ਅਤੇ ਫਤਿਹਾਬਾਦ ਜ਼ਿਲ੍ਹਿਆਂ ਦੀਆਂ ਸਰਹੱਦਾਂ ‘ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪ੍ਰਸ਼ਾਸਨ ਨੇ ਸਿਰਸਾ ਸਥਿਤ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਡੱਬਵਾਲੀ ਨੂੰ ਆਰਜ਼ੀ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਹੈ, ਜਿੱਥੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਸ਼ਾਂਤੀ ਭੰਗ ਹੋਣ ਦੇ ਡਰ ਕਾਰਨ ਹਰਿਆਣਾ ਸਰਕਾਰ ਨੇ 11 ਤੋਂ 13 ਫਰਵਰੀ ਤੱਕ ਸੱਤ ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਅਤੇ ਐਸਐਮਐਸ (ਸੁਨੇਹੇ) ਭੇਜਣ ‘ਤੇ ਪਾਬੰਦੀ ਲਗਾ ਦਿੱਤੀ ਹੈ।

 

Exit mobile version