The News Post Punjab

Farmers Protest: ਠੰਢੀਆਂ ਰਾਤਾਂ ‘ਚ 13 ਦਿਨਾਂ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਡਟੇ ਹਜ਼ਾਰਾਂ ਕਿਸਾਨ, ਮੰਗਾਂ ਮੰਨਵਾ ਕੇ ਹੀ ਪਿੱਛੇ ਹਟਣ ਦਾ ਐਲਾਨ

ਅੱਜ ਹਰਿਆਣਾ ਦੀਆਂ ਹੱਦਾਂ ਉਪਰ ਚੱਲ ਰਹੇ ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਬੇਸ਼ੱਕ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਉਨ੍ਹਾਂ ਦੇ ਹੌਸਲੇ ਬੁਲੰਦ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਘਰ ਵਾਪਸ ਨਹੀਂ ਜਾਣਗੇ।

ਅੱਜ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਵਿਸ਼ਵ ਵਪਾਰ ਸੰਗਠਨ (ਡਬਲਯੂਟੀਓ) ਸਬੰਧੀ ਕਾਨਫਰੰਸ ਕਰਨਗੇ। ਇਸ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਹੈ। ਮਾਹਿਰ ਇੱਥੇ ਆਉਣਗੇ ਤੇ ਡਬਲਯੂਟੀਓ ਦੇ ਨੁਕਸਾਨਾਂ ਬਾਰੇ ਦੱਸਣਗੇ।

ਦੂਜੇ ਪਾਸੇ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਤੋਂ ਪਾਬੰਦੀ ਹਟਾ ਲਈ ਗਈ ਹੈ। ਯਾਦ ਰਹੇ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ।

ਇਸ ਤੋਂ ਇਲਾਵਾ ਕਿਸਾਨਾਂ ਦੇ ਦਿੱਲੀ ਮਾਰਚ ਦੇ ਮੱਦੇਨਜ਼ਰ ਦਿੱਲੀ ਦੇ ਟਿੱਕਰੀ ਬਾਰਡਰ ਤੇ ਸਿੰਘੂ ਬਾਰਡਰ, ਜੋ 11 ਦਿਨਾਂ ਤੋਂ ਬੰਦ ਸਨ, ਨੂੰ ਅਸਥਾਈ ਤੌਰ ‘ਤੇ ਖੋਲ੍ਹ ਦਿੱਤਾ ਗਿਆ ਹੈ। ਦਿੱਲੀ ਪੁਲਿਸ ਵੱਲੋਂ ਟਿੱਕਰੀ ਬਾਰਡਰ ‘ਤੇ ਲਗਾਏ ਗਏ ਕੰਟੇਨਰ ਤੇ ਪੱਥਰ ਹਟਾ ਦਿੱਤੇ ਗਏ ਹਨ। ਹਾਲਾਂਕਿ ਸ਼ੁਰੂਆਤ ‘ਚ ਇੱਕ ਪਾਸੇ ਵਾਲੀ ਸੜਕ ਨੂੰ ਖੋਲ੍ਹ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਝੜੌਦਾ ਸਰਹੱਦ ‘ਤੇ ਵੀ ਆਵਾਜਾਈ ਸ਼ੁਰੂ ਹੋ ਗਈ ਹੈ।

ਉਧਰ, ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਹੈ ਕਿ ਸ਼ੰਭੂ ਤੇ ਖਨੌਰੀ ਸਰਹੱਦ ’ਤੇ ਅੰਦੋਲਨ ਵਿੱਚ ਸ਼ਾਮਲ ਹਰਿਆਣਾ ਦੀ ਸੀਆਈਡੀ ਦੇ 200 ਤੋਂ ਵੱਧ ਜਵਾਨ ਕਿਸਾਨ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਨੇਤਾਵਾਂ ਦੇ ਐਕਸੀਡੈਂਟ ਕਰਵਾ ਸਕਦੇ ਹਨ ਜਾਂ ਲੜਾਈ-ਝਗੜਾ ਕਰਵਾ ਕੇ ਉਨ੍ਹਾਂ ‘ਤੇ ਹਮਲਾ ਵੀ ਕਰ ਸਕਦੇ ਹਨ।

Exit mobile version