ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਏ ਜਾਣ ਮਗਰੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆ ਗਏ ਹਨ। ਸੋਸ਼ਲ ਮੀਡੀਆ ਉਪਰ ਉਨ੍ਹਾਂ ਖਿਲਾਫ ਕਾਫੀ ਪ੍ਰਚਾਰ ਹੋ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕਬੂਲਿਆ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।
ਇਹ ਮਾਮਲਾ ਉਦੋਂ ਹੋਰ ਵੀ ਗਰਮਾ ਗਿਆ ਜਦੋਂ ਗਿਆਨੀ ਹਰਪ੍ਰੀਤ ਸਿੰਘ ਤੇ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਵਿਚਾਲੇ ਬਹਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਹੈਰਾਨੀ ਦੀ ਗੱਲ ਹੈ ਕਿ ਇਹ ਵੀਡੀਓ ਰਿਕਾਰਡਿੰਗ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਕੱਤਰੇਤ ਵਿਖੇ ਹੋਈ ਸੀ ਪਰ ਲੀਕ ਕਿੰਝ ਹੋ ਗਈ, ਇਹ ਵੱਡਾ ਸਵਾਲ ਹੈ। ਇਸ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਵੀਡੀਓ ਦੇ ਵਾਇਰਲ ਹੋਣ ’ਤੇ ਸਵਾਲ ਚੁੱਕੇ ਹਨ। ਦੂਜੇ ਪਾਸੇ ਵਿਰਸਾ ਸਿੰਘ ਵਲਟੋਹਾ ਨੇ ਇਸ ਕਲਿੱਪ ਦੇ ਲੀਕ ਹੋਣ ਸਬੰਧੀ ਮਾਮਲੇ ਤੋਂ ਅਗਿਆਨਤਾ ਪ੍ਰਗਟ ਕੀਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਇਹ ਵੀਡੀਓ ਕਲਿੱਪ 15 ਅਕਤੂਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੀ ਹੈ, ਜਿਸ ਵਿੱਚ ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕੀਤਾ ਗਿਆ ਸੀ। ਇਸ ਕਲਿੱਪ ਵਿੱਚ ਗਿਆਨੀ ਹਰਪ੍ਰੀਤ ਸਿੰਘ ਭਾਜਪਾ ਨਾਲ ਸਾਂਝ ਹੋਣ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਅਕਾਲੀ ਆਗੂ ਨਾਲ ਕੁਝ ਤਲਖ ਹੁੰਦੇ ਦਿਖਾਈ ਦਿੰਦੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਵਲਟੋਹਾ ਨੇ ਪੰਜ ਸਿੰਘ ਸਾਹਿਬਾਨ ਸਾਹਮਣੇ ਬਦਤਮੀਜ਼ੀ ਕੀਤੀ ਸੀ ਤੇ ਜੇਕਰ ਡੇਢ ਘੰਟੇ ਦੀ ਪੂਰੀ ਵੀਡੀਓ ਜਨਤਕ ਕੀਤੀ ਜਾਵੇ ਤਾਂ ਸੰਗਤ ਉਸ ਦੇ ਪਿੱਛੇ ਪੈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਹੈਰਾਨ ਹਨ ਕਿ ਇਹ ਵੀਡੀਓ ਰਿਕਾਰਡਿੰਗ ਅਕਾਲ ਤਖਤ ਦੇ ਸਕੱਤਰੇਤ ਵਿਖੇ ਕੀਤੀ ਗਈ ਸੀ ਜੋ ਪੈਨ ਡਰਾਈਵ ਵਿੱਚ ਪਾ ਕੇ ਅਕਾਲ ਤਖਤ ਦੇ ਜਥੇਦਾਰ ਨੂੰ ਸੌਂਪੀ ਗਈ ਸੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ 2 ਦਸੰਬਰ ਨੂੰ ਸੁਣਾਏ ਫ਼ੈਸਲੇ ਮਗਰੋਂ ਉਨ੍ਹਾਂ ਦੀ ਕਿਰਦਾਰਕੁਸ਼ੀ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਮਗਰੋਂ 18 ਸਾਲ ਪੁਰਾਣੇ ਪਰਿਵਾਰਕ ਮਾਮਲੇ ਨੂੰ ਉਭਾਰ ਕੇ ਗ਼ਲਤ ਇਲਜ਼ਾਮ ਲਾਏ ਜਾ ਰਹੇ ਹਨ ਤੇ ਦੋਸ਼ ਲਾਉਣ ਵਾਲੇ ਵਿਅਕਤੀ ਦੀਆਂ ਵੱਖ-ਵੱਖ ਚੈਨਲਾਂ ਤੋਂ ਇੰਟਰਵਿਊ ਕਰਵਾਉਣ ਪਿੱਛੇ ਸਾਬਕਾ ਅਕਾਲੀ ਆਗੂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਉਹ ਅਸਤੀਫ਼ਾ ਨਹੀਂ ਦੇਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਮਦਮਾ ਸਾਹਿਬ ਵਿੱਚ ਮੁਹੱਈਆ ਕਰਵਾਈ ਗਈ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ 2 ਦਸੰਬਰ ਦੇ ਫੈਸਲੇ ਨੂੰ ਬਦਲਣ ਵਾਸਤੇ ਪੰਜ ਸਿੰਘ ਸਾਹਿਬਾਨ ਦੀ ਕੋਈ ਇਕੱਤਰਤਾ ਹੁੰਦੀ ਹੈ ਤਾਂ ਉਹ ਸ਼ਾਮਲ ਨਹੀਂ ਹੋਣਗੇ।