ਪੰਜਾਬ ਦੇ ਸ਼ਹਿਰ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਹਫ਼ਤੇ ਅੰਦਰ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲਿਆਂ ਨੂੰ 31 ਦਸੰਬਰ ਤੋਂ ਬਾਅਦ 10 ਫ਼ੀਸਦੀ ਜੁਰਮਾਨਾ ਭਰਨਾ ਪਵੇਗਾ। ਇਹ ਜਾਣਕਾਰੀ ਨਗਰ ਨਿਗਮ ਕਮਿਸ਼ਨਰ ਆਦਿਤਿਆ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਦੀ ਨੀਤੀ ਅਨੁਸਾਰ 31 ਮਾਰਚ ਤੋਂ 30 ਸਤੰਬਰ ਤੱਕ ਚਾਲੂ ਮਾਲੀ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ‘ਤੇ 10 ਫੀਸਦੀ ਛੋਟ ਦਿੱਤੀ ਜਾਂਦੀ ਹੈ, ਜਿਸ ਤੋਂ ਬਾਅਦ 31 ਦਸੰਬਰ ਤੱਕ ਸਾਰਾ ਪ੍ਰਾਪਰਟੀ ਟੈਕਸ ਅਦਾ ਕਰਨਾ ਹੁੰਦਾ ਹੈ, ਪਰ ਉਸ ਤੋਂ ਬਾਅਦ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਹੋਣ ‘ਤੇ ਲੋਕਾਂ ਨੂੰ 10 ਫੀਸਦੀ ਜੁਰਮਾਨਾ ਭਰਨਾ ਪਵੇਗਾ।
ਛੁੱਟੀਆਂ ਦੌਰਾਨ ਵੀ ਦਫ਼ਤਰ ਖੁੱਲ੍ਹੇ ਰਹਿਣਗੇ
ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੀ ਸਮਾਂ ਸੀਮਾ ਇਕ ਹਫਤੇ ਬਾਅਦ ਖਤਮ ਹੋ ਜਾਵੇਗੀ। ਇਸ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ 28 ਅਤੇ 29 ਦਸੰਬਰ ਨੂੰ ਛੁੱਟੀਆਂ ਦੌਰਾਨ ਵੀ ਨਗਰ ਨਿਗਮ ਦਫ਼ਤਰ ਖੁੱਲ੍ਹੇ ਰਹਿਣਗੇ।