ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਅਖੰਡ ਪਾਠ ਸਾਹਿਬ ਅਰੰਭ ਹੋਏ ਜਿਨ੍ਹਾਂ ਦੇ ਭੋਗ 13 ਅਪ੍ਰੈਲ ਨੂੰ ਪੈਣਗੇ। ਇਸ ਦੇ ਨਾਲ ਹੀ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ।
ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਅੱਜ ਅਰੰਭ ਹੋਏ ਹਨ ਜਿਨਾਂ ਦੇ ਭੋਗ 13 ਅਪ੍ਰੈਲ ਨੂੰ ਸਵੇਰੇ 9 ਵਜੇ ਪੈਣਗੇ। ਉਨ੍ਹਾਂ ਕਿਹਾ ਕਿ 12 ਤੇ 13 ਅਪ੍ਰੈਲ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਚੱਲਣਗੇ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਡਾਢੀ ਜੱਥੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ।
ਉਨ੍ਹਾਂ ਕਿਹਾ ਕਿ ਤਖਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੰਗਤਾਂ ਨੂੰ ਆਦੇਸ਼ ਦਿੱਤੇ ਗਏ ਕਿ ਹਰ ਸਿੱਖ 13 ਅਪ੍ਰੈਲ ਨੂੰ ਆਪਣੇ ਘਰਾਂ ਉਪਰ ਕੇਸਰੀ ਨਿਸ਼ਾਨ ਜ਼ਰੂਰ ਲਗਾਉਣ। ਸੰਗਤਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਤੇ ਸਿੱਖ ਕੌਮ ਦੀ ਚੜ੍ਹਦੀਕਲਾ ਲਈ ਸਵੇਰੇ 9 ਵਜੇ ਗੁਰਮੰਤਰ ਤੇ ਮੂਲ ਮੰਤਰ ਦਾ ਜਾਪ ਜਰੂਰ ਕਰੇ।
ਉਨ੍ਹਾਂ ਨੇ ਕਿਹਾ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ 11 ਅਪ੍ਰੈਲ ਤੋਂ 14 ਅਪ੍ਰੈਲ ਤੱਕ ਅੰਮ੍ਰਿਤ ਸੰਚਾਲ ਚੱਲਣਗੇ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਹੈ ਕਿ ਵੈਸਾਖੀ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਪੰਹੁਚ ਕੇ ਗੁਰੂ ਵਾਲੇ ਬਣੋ ਤੇ ਸਿੰਘ ਸਜੋ।