Lok Sabha Election: ‘ਆਪ’ ਨੇ ਇਨ੍ਹਾਂ ਜਰਨੈਲਾਂ ‘ਤੇ ਖੇਡਿਆ ਦਾਅ! ਜਨਤਾ ਦੇ ਕੀਤੇ ਰੂ-ਬਰੂ
1. ਕੁਲਦੀਪ ਸਿੰਘ ਧਾਲੀਵਾਲ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ। ਉਹ ਅਜਨਾਲਾ (ਅੰਮ੍ਰਿਤਸਰ) ਤੋਂ ਵੀ ਵਿਧਾਇਕ ਹਨ ਤੇ ਮਾਨ ਸਰਕਾਰ ਵਿੱਚ ਕਈ ਅਹਿਮ ਵਿਭਾਗਾਂ ਦੀ ਜਿੰਮੇਵਾਰੀ ਵੀ ਸੰਭਾਲ ਚੁੱਕੇ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਾਂ ਦੀ ਧਰਤੀ ਤੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ‘ਆਪ’ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।
2. ਗੁਰਮੀਤ ਸਿੰਘ ਖੁੱਡੀਆਂ
ਗੁਰਮੀਤ ਸਿੰਘ ਖੁੱਡੀਆਂ ‘ਆਪ’ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਨ। ਬਠਿੰਡਾ ਬਾਦਲਾਂ ਦਾ ਮਜ਼ਬੂਤ ਮੈਦਾਨ ਮੰਨਿਆ ਜਾਂਦਾ ਸੀ ਪਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਤੋਂ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਮਾਨ ਸਰਕਾਰ ਵਿੱਚ ਉਨ੍ਹਾਂ ਨੂੰ ਖੇਤੀਬਾੜੀ ਵਿਭਾਗ ਦਿੱਤਾ ਗਿਆ ਹੈ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਖੁੱਡੀਆਂ ਨੇ ਅਰਵਿੰਦ ਕੇਜਰੀਵਾਲ ਤੇ ਮਾਨ ਦਾ ਇਸ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੰਟੀਅਰਾਂ ਤੇ ਬਠਿੰਡਾ ਵਾਸੀਆਂ ਦੇ ਲਗਾਤਾਰ ਸਹਿਯੋਗ ਲਈ ਧੰਨਵਾਦੀ ਹਨ।
3. ਮਲਵਿੰਦਰ ਸਿੰਘ ਕੰਗ
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਹਨ। ਕੰਗ ਨੇ ਆਪਣਾ ਸਿਆਸੀ ਜੀਵਨ ਵਿਦਿਆਰਥੀ ਰਾਜਨੀਤੀ ਤੋਂ ਸ਼ੁਰੂ ਕੀਤਾ ਸੀ ਤੇ ਉਹ ਦੋ ਵਾਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਚੁਣੇ ਗਏ ਸਨ। ਕਿਸਾਨ ਅੰਦੋਲਨ ਦੌਰਾਨ ਕੰਗ ਨੇ ਕਿਸਾਨਾਂ ਦਾ ਸਾਥ ਦਿੱਤਾ ਤੇ ਅੰਦੋਲਨ ਦੌਰਾਨ ਦਿੱਲੀ ਦੀਆਂ ਸਰਹੱਦਾਂ ‘ਤੇ ਕਈ ਸੇਵਾਵਾਂ ਦਿੱਤੀਆਂ। ਕੰਗ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਦੀ ਸਾਰੀ ਲੀਡਰਸ਼ਿਪ ਦਾ ਉਨ੍ਹਾਂ ’ਤੇ ਭਰੋਸੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਤਾਨਾਸ਼ਾਹੀ ਤੋਂ ਲੜਨ ਲਈ, ਪੰਜਾਬ ਮਿਸਾਲੀ ਅਗਵਾਈ ਕਰੇਗਾ।
4. ਡਾ. ਬਲਬੀਰ ਸਿੰਘ
ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਪਟਿਆਲਾ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਹਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਡਾਕਟਰ ਬਲਬੀਰ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ ਤੇ ਅੱਖਾਂ ਦੇ ਸਰਜਨ ਵਜੋਂ ਵੀ ਕੰਮ ਕਰਦੇ ਰਹੇ ਹਨ। ਉਹ ਪਟਿਆਲਾ ਦੇ ਪੜ੍ਹੇ-ਲਿਖੇ ਤੇ ਸਤਿਕਾਰਤ ਆਗੂ ਵਜੋਂ ਪਹਿਚਾਣ ਰੱਖਦੇ ਹਨ। ਉਹ 2012 ਵਿੱਚ ਦਿੱਲੀ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਡਾ. ਬਲਬੀਰ ਨੇ ਕਿਹਾ ਕਿ ਤਾਨਾਸ਼ਾਹ ਮੋਦੀ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਬਹੁਤ ਵੱਡੀ ਗਲਤੀ ਕਰ ਦਿੱਤੀ ਹੈ।
5. ਕਰਮਜੀਤ ਅਨਮੋਲ
ਮਸ਼ਹੂਰ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਫਰੀਦਕੋਟ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਹਨ। ਕਲਾ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਉਹਨਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਗੋਲਡ ਮੈਡਲ ਮਿਲਿਆ ਹੋਇਆ ਹੈ। ਇਸ ਤੋਂ ਇਲਾਵਾ ੳਨਾਂ ਨੂੰ ਕਈ ਪੁਰਸਕਾਰ ਵੀ ਮਿਲ ਚੁੱਕੇ ਹਨ ਤੇ ਉਹ ਆਪਣੀਆਂ ਫਿਲਮਾਂ ਤੇ ਗੀਤਾਂ ਲਈ ਪੰਜਾਬ ਦੇ ਲੋਕਾਂ ਵਿੱਚ ਜਾਣੇ ਜਾਂਦੇ ਹਨ ਜਿੱਥੇ ਉਹ ਅਕਸਰ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਂਦੇ ਹਨ। ਉਹ ਇੱਕ ਸਮਾਜ ਸੇਵੀ ਅਤੇ ਵਾਤਾਵਰਨ ਪ੍ਰੇਮੀ ਵੀ ਹਨ।
6. ਰਾਜ ਕੁਮਾਰ ਚੱਬੇਵਾਲ
ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਪ ਦੇ ਉਮੀਦਵਾਰ ਹਨ। ਉਹ ਦੋਆਬੇ ਵਿੱਚ ਇੱਕ ਪ੍ਰਭਾਵਸ਼ਾਲੀ ਨੇਤਾ ਹਨ ਤੇ, ਉਨ੍ਹਾਂ ਦਾ ਹੁਸ਼ਿਆਰਪੁਰ ਵਿੱਚ ਪ੍ਰਭਾਵਸ਼ਾਲੀ ਜਨ ਆਧਾਰ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਕੰਮਾਂ ਤੋਂ ਉਹ ਤੇ ਹਰ ਪੰਜਾਬੀ ਬੇਹੱਦ ਪ੍ਰਭਾਵਿਤ ਹੈ ਤੇ ਉਹ ਪਾਰਟੀ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੁਸ਼ਿਆਰਪੁਰ ਤੋਂ ਉਮੀਦਵਾਰ ਵਜੋਂ ਉਨ੍ਹਾਂ ‘ਤੇ ਭਰੋਸਾ ਕਰਨ ਲਈ ਧੰਨਵਾਦੀ ਹਨ।
7. ਪਵਨ ਕੁਮਾਰ ਟੀਨੂੰ
ਅਕਾਲੀ ਦਲ ਛੱਡ ਕੇ ਲੋਕ ਪੱਖੀ ‘ਆਪ’ ‘ਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਕ੍ਰਾਂਤੀਕਾਰੀ ਪਾਰਟੀ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਹੋ ਰਿਹਾ ਹੈ। ‘ਆਪ’ ਨੇ ਆਪਣੇ ਚੋਣ ਵਾਅਦੇ ਪੂਰੇ ਕੀਤੇ ਹਨ ਤੇ ਪੰਜਾਬ ਦੇ ਲੋਕ ਉਨਾਂ ਨੂੰ ਪਿਆਰ ਕਰਦੇ ਹਨ।
8. ਅਸ਼ੋਕ ਪਰਾਸ਼ਰ ਪੱਪੀ
ਅਸ਼ੋਕ ਪਰਾਸ਼ਰ ਪੱਪੀ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਹਨ ਤੇ ਲੁਧਿਆਣਾ ਲੋਕ ਸਭਾ ਸੀਟ ਲਈ ‘ਆਪ’ ਦੇ ਉਮੀਦਵਾਰ ਵਜੋਂ ਐਲਾਨੇ ਗਏ ਹਨ। ਉਨ੍ਹਾਂ ਆਪਣੀ ਉਮੀਦਵਾਰੀ ਲਈ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਮੁੜ ਲੁਧਿਆਣਾ ਵਿੱਚ ਇਤਿਹਾਸਕ ਅਤੇ ਵੱਡੀ ਜਿੱਤ ਦਰਜ ਕਰੇਗੀ।
9. ਗੁਰਪ੍ਰੀਤ ਸਿੰਘ ਜੀਪੀ
ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਗੁਰਪ੍ਰੀਤ ਜੀਪੀ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਇੱਕ ਮੰਨੇ-ਪ੍ਰਮੰਨੇ ਆਗੂ ਵਜੋਂ ਪਹਿਚਾਣ ਰਖਦੇ ਹਨ ਤੇ ਉਨ੍ਹਾਂ ਨੇ ਹਮੇਸ਼ਾ ਹੀ ਲੋਕਾਂ ਦੀ ਮਦਦ ਕਰਨ ਨੂੰ ਪਹਿਲ ਦਿੱਤੀ ਹੈ। ਪੰਜਾਬ ਦੀ ‘ਆਪ’ ਸਰਕਾਰ ਤੋਂ ਪ੍ਰਭਾਵਿਤ ਹੋ ਕੇ ਉਹ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ।
10. ਜਗਦੀਪ ਸਿੰਘ ਕਾਕਾ ਬਰਾੜ
ਜਗਦੀਪ ਸਿੰਘ ਕਾਕਾ ਬਰਾੜ ਫਿਰੋਜਪੁਰ ਲੋਕਸਭਾ ਖੇਤਰ ਤੋਂ ਆਪ ਉਮੀਦਵਾਰ ਹਨ। 2022 ਦੇ ਪੰਜਾਬ ਵਿਧਾਨ ਸਭਾ ਚੋਣ ਵਿੱਚ ਕਾਕਾ ਬਰਾੜ ਨੇ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਤੇ 51 % ਵੋਟ ਸ਼ੇਅਰ ਹਾਸਲ ਕਰਕੇ ਵਿਧਾਇਕ ਚੁਣੇ ਗਏ।
11. ਅਮਨਸ਼ੇਰ ਸਿੰਘ ਸ਼ੈਰੀ ਕਲਸੀ
ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਹਨ। ਉਹ ਨੌਜਵਾਨ ਆਗੂ ਹਨ ਤੇ ਉਨ੍ਹਾਂ ਨੂੰ ਪਾਰਟੀ ਵਿੱਚ ਮੀਤ ਪ੍ਰਧਾਨ ਵਜੋਂ ਵੀ ਜ਼ਿੰਮੇਵਾਰੀ ਦਿੱਤੀ ਗਈ ਸੀ। ਸ਼ੈਰੀ ਕਲਸੀ ਚੋਣ ਸਰਵੇਖਣਾਂ ਵਿੱਚ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਹਰਮਨ ਪਿਆਰੇ ਤੇ ਪਸੰਦ ਕੀਤੇ ਜਾਣ ਵਾਲੇ ਸਿਆਸਤਦਾਨ ਵਜੋਂ ਪਹਿਚਾਣ ਰੱਖਦੇ ਹਨ।