The News Post Punjab

Lok Sabha Election 2024: ਅੰਮ੍ਰਿਤਪਾਲ ਬਾਰੇ ਕੀ-ਕੀ ਬੋਲ ਗਏ ਸੁਖਬੀਰ ਬਾਦਲ…ਵੋਟਾਂ ਪਾਉਣ ਤੋਂ ਪਹਿਲਾਂ ਜਾਣ ਲਵੋ ਅੰਮ੍ਰਿਤਪਾਲ ਹੈ ਕੌਣ?

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਆਖਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੁੱਪੀ ਤੋੜੀ ਹੈ। ਅਕਾਲੀ ਲੀਡਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਬਾਰੇ ਖੁੱਲ੍ਹ ਕੇ ਬੋਲਣ ਤੋਂ ਗੁਰੇਜ ਕਰ ਰਹੇ ਸੀ ਪਰ ਆਪਣੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਸੁਖਬੀਰ ਬਾਦਲ ਨੇ ਤਿੱਖਾ ਹਮਲਾ ਕੀਤਾ ਹੈ।

ਬੁੱਧਵਾਰ ਨੂੰ ਚੋਣ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਸਾਜ਼ਿਸ਼ ਨੂੰ ਸਮਝਣ ਜਿਸ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਂਕਣ ਕਰਨ ਕਿ ਆਖਰ ਅੰਮ੍ਰਿਤਪਾਲ ਕੌਣ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਹਿਲਾਂ ਇਹ ਸਟੈਂਡ ਲਿਆ ਸੀ ਕਿ ਉਹ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦਾ ਤੇ ਸਿਰਫ ‘ਅੰਮ੍ਰਿਤ ਪ੍ਰਚਾਰ’ ਹੀ ਕਰਨਾ ਚਾਹੁੰਦਾ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੇ ਆਪ ਗ੍ਰਿਫਤਾਰੀਆਂ ਦਿੱਤੀਆਂ ਤੇ ਕਦੇ ਵੀ ਆਪਣਾ ਸਰੂਪ ਨਹੀਂ ਬਦਲਿਆ ਤੇ ਛੁਪ ਕੇ ਨਹੀਂ ਰਹੇ ਜਦੋਂਕਿ ਅੰਮ੍ਰਿਤਪਾਲ ਸਿੰਘ ਫੜੇ ਜਾਣ ਦੇ ਡਰੋਂ ਲੁਕਦਾ ਰਿਹਾ।

ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿਰਫ ਆਪਣੇ ਆਪ ਨੂੰ ਛੁਡਵਾਉਣ ਲਈ ਚੋਣ ਲੜ ਰਿਹਾ ਹੈ ਨਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੜ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੰਦੀ ਸਿੰਘਾਂ ਦੇ ਸਾਰੇ ਪਰਿਵਾਰ ਅਕਾਲੀ ਦਲ ਦੇ ਨਾਲ ਹਨ।

Exit mobile version