ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਮੰਗਲਵਾਰ (26 ਮਾਰਚ) ਨੂੰ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Punjab BJP president Sunil Jakhar) ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਵੀਡੀਓ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਆਗੂਆਂ ਦੀ ਰਾਏ ਨੂੰ ਦੇਖਦਿਆਂ ਲਿਆ ਗਿਆ ਹੈ। ਇਹ ਫੈਸਲਾ ਪੰਜਾਬ ਦੇ ਸਮੂਹ ਕਿਸਾਨਾਂ, ਪੰਜਾਬ ਦੇ ਵਪਾਰੀਆਂ, ਪੰਜਾਬ ਦੇ ਮਜ਼ਦੂਰਾਂ, ਪੰਜਾਬ ਦੀਆਂ ਪਛੜੀਆਂ ਸ਼੍ਰੇਣੀਆਂ ਦੇ ਉਜਵਲ ਭਵਿੱਖ ਲਈ ਲਿਆ ਗਿਆ ਹੈ। ਭਾਜਪਾ ਨੇ ਪੀਐਮ ਮੋਦੀ ਦੀ ਅਗਵਾਈ ਵਿੱਚ ਪੰਜਾਬ ਲਈ ਜੋ ਕੰਮ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ।
