Lok sabha elections :ਅੱਜ ਹੋਵੇਗਾ ਲੋਕ ਸਭਾ ਚੋਣਾਂ ਦਾ ਐਲਾਨ? ਮੁੱਖ ਚੋਣ ਕਮਿਸ਼ਨਰ ਜੰਮੂ ਵਿਚ ਕਰਨਗੇ ਅਹਿਮ ਪ੍ਰੈਸ ਕਾਨਫਰੰਸ
ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆਈ ਹੈ। ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਸਭ ਤੋਂ ਅਹਿਮ ਪ੍ਰੈਸ ਕਾਨਫਰੰਸ ਅੱਜ ਸ਼ਾਮ 4:30 ਵਜੇ ਜੰਮੂ ਵਿੱਚ ਹੋਵੇਗੀ। ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਕਿਸੇ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਦਾ ਆਖਰੀ ਦੌਰਾ ਹੈ।
ਪਰ ਅੱਜ ਸ਼ਾਮ 4:30 ਵਜੇ ਹੋਣ ਵਾਲੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਦੋ ਕਾਰਨਾਂ ਕਰਕੇ ਬਹੁਤ ਅਹਿਮ ਬਣ ਜਾਂਦੀ ਹੈ। ਪਹਿਲਾ ਚੋਣ ਕਮਿਸ਼ਨਰ ਅਰੁਣ ਗੋਇਲ ਦੇ ਅਚਾਨਕ ਅਤੇ ਹੈਰਾਨੀਜਨਕ ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਅਜਿਹੇ ‘ਚ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਤੋਂ ਅਰੁਣ ਗੋਇਲ ਦੇ ਅਸਤੀਫੇ ਨੂੰ ਲੈ ਕੇ ਸਵਾਲ ਪੁੱਛੇ ਜਾਣ ਦੀ ਸੰਭਾਵਨਾ ਹੈ।
ਅਰੁਣ ਗੋਇਲ ਦੇ ਅਸਤੀਫੇ ਤੋਂ ਬਾਅਦ ਚੋਣ ਕਮਿਸ਼ਨ ਹੁਣ ਤਿੰਨ ਮੈਂਬਰੀ ਕਮਿਸ਼ਨ ਦੀ ਥਾਂ ਸਿਰਫ਼ ਇੱਕ ਮੈਂਬਰ ਰਹਿ ਗਿਆ ਹੈ। ਇਸ ਵੇਲੇ ਚੋਣ ਕਮਿਸ਼ਨ ਦੀ ਅਗਵਾਈ ਸਿਰਫ਼ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਕਰ ਰਹੇ ਹਨ। ਉਂਜ ਚੋਣ ਕਮਿਸ਼ਨ ਵਿਚ ਚੋਣ ਕਮਿਸ਼ਨਰ ਦੀਆਂ ਖਾਲੀ ਪਈਆਂ ਦੋ ਅਸਾਮੀਆਂ ’ਤੇ ਨਿਯੁਕਤੀ ਲਈ ਪ੍ਰਧਾਨ ਮੰਤਰੀ ਦੀ ਅਗਵਾਈ ਹੇਠਲੀ ਉੱਚ ਪੱਧਰੀ ਕਮੇਟੀ ਦੀ ਮੀਟਿੰਗ 14 ਮਾਰਚ ਨੂੰ ਹੋਣ ਜਾ ਰਹੀ ਹੈ।
ਦੂਜਾ, ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਚੋਣ ਕਮਿਸ਼ਨ ਜੰਮੂ-ਕਸ਼ਮੀਰ ਦੇ ਤਿੰਨ ਰੋਜ਼ਾ ਦੌਰੇ ਉਤੇ ਗਏ ਅਤੇ ਅੱਜ ਸ੍ਰੀਨਗਰ ਅਤੇ ਫਿਰ ਜੰਮੂ ਦਾ ਦੌਰਾ ਕਰਨ ਤੋਂ ਬਾਅਦ ਅੱਜ ਪ੍ਰੈੱਸ ਕਾਨਫਰੰਸ ਕਰਨਗੇ।
ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਨਾਲ ਹੀ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵੀ ਤੈਅ ਹਨ, ਜਿਨ੍ਹਾਂ ਵਿੱਚ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਉੜੀਸਾ ਅਤੇ ਸਿੱਕਮ ਸ਼ਾਮਲ ਹਨ। ਅਜਿਹੇ ‘ਚ ਜੇਕਰ ਲੋਕ ਸਭਾ ਚੋਣਾਂ ਦੇ ਨਾਲ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦਾ ਵੀ ਐਲਾਨ ਕੀਤਾ ਜਾਂਦਾ ਹੈ ਤਾਂ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੇ ਨਾਲ-ਨਾਲ 4 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਚੋਣ ਪ੍ਰੋਗਰਾਮ ਦਾ ਵੀ ਐਲਾਨ ਕਰਨਾ ਹੋਵੇਗਾ।