Panchayat Election: ਪੰਚਾਇਤੀ ਚੋਣਾਂ ਦਾ ਵੱਜਿਆ ਵਿਗੁਲ ! ਨਵੰਬਰ ਦੇ ਪਹਿਲੇ ਹਫ਼ਤੇ ਚੋਣਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸਰਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਵਿੱਚ ਪੰਚਾਇਤੀ ਚੋਣਾਂ (Panchayat Election) ਦਾ ਵਿਗੁਲ ਵੱਜਣ ਵਾਲਾ ਹੈ। ਬੀਤੇ ਦਿਨ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ (Cabinet meeting) ਹੋਈ ਸੀ। ਜਿਸ ਵਿੱਚ ਇਸ ਮੁੱਦ ‘ਤੇ ਕਾਫ਼ੀ ਲੰਬੀ ਚਰਚਾ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਨੂੰ ਸਰਕਾਰ ਪ੍ਰਪੋਜਲ ਭੇਜਣ ਜਾ ਰਹੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਤਰੀਕਾਂ ਦਾ ਐਲਾਨ ਹੋਣ ਦੀ ਉਮੀਦ ਹੈ।
ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਸੀ। ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕਾਂ ਦੀ CM ਨੇ ਮੀਟਿੰਗ ਵੀ ਲਈ ਸੀ। ਜਿਸ ਵਿੱਚ ਵਿਧਾਇਕਾਂ ਨੂੰ ਪਿੰਡਾਂ ਵਿੱਚ ਜਾਣ ਲਈ ਕਿਹਾ ਗਿਆ ਅਤੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੇ ਹੁਕਮ ਦਿੱਤੇ ਹਨ।
ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨਵੰਬਰ ਮਹੀਨੇ ‘ਚ ਹੀ ਨਗਰ ਕੌਂਸਲ ਅਤੇ ਨਗਰ ਨਿਗਮਾਂ (Municipal Councils and Municipal Corporations) ਦੀਆਂ ਚੋਣਾਂ ਕਰਵਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਐਡਵੋਕੇਟ ਜਨਰਲ (Advocate General) ਨੂੰ ਵੀ ਇਸ ਰਾਇ ਤੋਂ ਜਾਣੂ ਕਰਵਾ ਦਿੱਤਾ ਹੈ ਕਿਉਂਕਿ ਚੋਣਾਂ ਦਾ ਮਾਮਲਾ ਹਾਈ ਕੋਰਟ ਵਿੱਚ ਬਕਾਇਆ ਹੈ।
ਇਸ ਤੋਂ ਇਲਾਵਾ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਨੇ ਨਵੰਬਰ ਮਹੀਨੇ ‘ਚ ਹੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਕੰਮ ਨਿਬੇੜਨ ਲਈ ਕਿਹਾ ਹੈ। ਸੂਬਾ ਸਰਕਾਰ ਉਸ ਤੋਂ ਪਹਿਲਾਂ ਪੇਂਡੂ ਤੇ ਸ਼ਹਿਰੀ ਵਿਕਾਸ ਲਈ ਫ਼ੰਡ ਵੀ ਜਾਰੀ ਕਰੇਗੀ।
ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਵਿਚ ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ (Block Committees and District Councils) ਦੀ ਮਿਆਦ ਖ਼ਤਮ ਹੋ ਰਹੀ ਹੈ ਜਿਸ ਕਰਕੇ ਸਰਕਾਰ ਨੇ ਚੋਣਾਂ ਲਈ ਇਹ ਮਹੀਨਾ ਹੀ ਚੁਣਿਆ ਹੈ। ਸੂਬਾ ਚੋਣ ਕਮਿਸ਼ਨ (Election Commission)ਨੇ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਾਉਣ ਲਈ ਵੋਟਰ ਸੂਚੀਆਂ ‘ਚ ਸੁਧਾਈ ਦੀਆਂ ਤਰੀਕਾਂ ਵੀ ਤੈਅ ਕੀਤੀਆਂ ਹਨ।




