Breaking News Flash News Punjab

PSPCL ਦਾ JE ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਉਸ ਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36,000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15,000 ਰੁਪਏ ਵਿੱਚ ਤੈਅ ਹੋ ਗਿਆ।

ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇ.ਈ. ਨੂੰ ਉਸ ਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

LEAVE A RESPONSE

Your email address will not be published. Required fields are marked *