The News Post Punjab

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ ‘ਚ ਭਰਤੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖਲ ਕਰਵਾਇਆ ਹੈ।  ਕਿਹਾ ਜਾ ਰਿਹਾ ਹੈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੁਖਾਰ ਹੈ ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਦਾਖਲ ਹਨ।

ਸਰੀਰ ‘ਚ ਤੇਜ਼ ਦਰਦ ਦੀ ਵੀ ਸੀ ਸ਼ਿਕਾਇਤ

ਗਿਆਨੀ ਰਘਬੀਰ ਸਿੰਘ (Giani Raghbir Singh) ਨੂੰ ਸਰੀਰ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਨਿੱਜੀ ਸਹਾਇਕ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਵਾਇਰਲ ਇਨਫੈਕਸ਼ਨ ਤੋਂ ਪੀੜਤ ਨੇ

ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਡਾਕਟਰੀ ਜਾਂਚ ਦੌਰਾਨ ਵਾਇਰਲ ਇਨਫੈਕਸ਼ਨ ਦਾ ਪਤਾ ਲੱਗਾ। ਡਾਕਟਰਾਂ ਦੀ ਟੀਮ ਨੇ ਡੇਂਗੂ ਦੇ ਖਦਸ਼ੇ ਦੇ ਮੱਦੇਨਜ਼ਰ ਖੂਨ ਦੇ ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ।

ਬਿਮਾਰ ਹੋਣ ਕਰਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਅਸਥਾਨ ਹੈ। ਡਾਕਟਰਾਂ ਮੁਤਾਬਿਕ ਜਥੇਦਾਰ ਸਾਹਿਬ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਨੂੰ ਜਲਦ ਛੁੱਟੀ ਦੇ ਦਿੱਤੀ ਜਾਏਗੀ।

Exit mobile version