The News Post Punjab

Punjab News: ਗੁਰਸਿੱਖ ਕੁੜੀ ਨੂੰ ਕਿ.ਰ.ਪਾਨ ਪਾ ਕੇ ਨਹੀਂ ਦੇਣ ਦਿੱਤੀ ਪ੍ਰੀਖਿਆ, SGPC ਨੇ ਜਤਾਇਆ ਇਤਰਾਜ਼

ਰਾਜਸਥਾਨ ਵਿੱਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਨਿਆਂਇਕ ਪ੍ਰੀਖਿਆ ਦੌਰਾਨ ਇੱਕ ਗੁਰਸਿੱਖ ਕੁੜੀ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠ ਨਹੀਂ ਸਕੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਗੁਰਸਿੱਖ ਕੁੜੀ ਨੂੰ ਕਿਰਪਾਨ ਉਤਾਰਨ ਲਈ ਕਹਿਣ ਅਤੇ ਕੇਂਦਰ ਵਿੱਚ ਜਾਣ ਤੋਂ ਰੋਕਣ ਦਾ ਵਿਰੋਧ ਕੀਤਾ ਹੈ।

ਐਡਵੋਕੇਟ ਧਾਮੀ ਨੇ ਐਤਵਾਰ ਨੂੰ ਹੋਈ ਪ੍ਰੀਖਿਆ ਵਿੱਚ ਗੁਰਸਿੱਖ ਕੁੜੀ ਨੂੰ ਕਿਰਪਾਨ ਪਾ ਕੇ ਪ੍ਰੀਖਿਆ ਸੈਂਟਰ ਵਿੱਚ ਜਾਣ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਗੁਰਸਿੱਖ ਕੁੜੀ ਐਡਵੋਕੇਟ ਅਰਮਾਨਜੋਤ ਕੌਰ ਨੂੰ ਕਿਰਪਾਨ ਪਾ ਕੇ ਅਦਾਲਤੀ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮਨਮਾਨੀ ਕਾਰਵਾਈ ਕਰਕੇ ਇਕ ਕੁੜੀ ਦਾ ਭਵਿੱਖ ਦਾਅ ‘ਤੇ ਲੱਗ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਾਉਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਤੋਂ ਪੰਜ ਕਕਾਰਾਂ ਨੂੰ ਵੱਖ ਨਹੀਂ ਕਰ ਸਕਦਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਸ਼ ਵਿੱਚ ਸਿੱਖ ਉਮੀਦਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਅਕਸਰ ਹੁੰਦੀਆਂ ਰਹਿੰਦੀਆਂ ਹਨ ਜਿੱਥੇ ਸਿੱਖਾਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹ ਪਾਉਣ ਤੋਂ ਰੋਕਿਆ ਜਾਂਦਾ ਹੈ ਅਤੇ ਵਿਰੋਧ ਕਰਨ ਲਈ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦਾਖਲ ਹੋਣ ਤੋਂ ਮਨ੍ਹਾ ਕਰ ਦਿੱਤਾ ਜਾਂਦਾ ਹੈ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਆਪਣੇ ਦੇਸ਼ ਭਾਰਤ ਵਿੱਚ ਸਿੱਖਾਂ ਨਾਲ ਵੱਡਾ ਵਿਤਕਰਾ ਦੱਸਿਆ ਅਤੇ ਗੁਰਸਿੱਖ ਲੜਕੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀ ਪੀੜਤ ਗੁਰਸਿੱਖ ਲੜਕੀ ਦੇ ਨਾਲ ਹੈ।

ਕੀ ਹੈ ਪੂਰਾ ਮਾਮਲਾ

ਜੋਧਪੁਰ ਵਿੱਚ ਹੋਏ ਰਾਜਸਥਾਨ ਜੁਡੀਸ਼ੀਅਲ ਸਰਵਿਸਿਜ਼ ਮੁਕਾਬਲੇ ਦੇ ਪੇਪਰ ਵਿੱਚ ਜਲੰਧਰ ਦੇ ਰਹਿਣ ਵਾਲੀ ਗੁਰਸਿੱਖ ਕੁੜੀ ਐਡਵੋਕੇਟ ਅਰਮਾਨਜੋਤ ਕੌਰ ਨੂੰ ਕਿਰਪਾਨ ਪਾ ਕੇ ਪ੍ਰੀਖਿਆ ਕੇਂਦਰ ਵਿੱਚ ਬੈਠਣ ਤੋਂ ਰੋਕ ਦਿੱਤਾ ਗਿਆ। ਸਿੱਖ ਲੜਕੀ ਦੇ ਪਿਤਾ ਬਲਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਦੱਸਿਆ ਕਿ ਉਨ੍ਹਾਂ ਦੀ ਕੁੜੀ ਰਾਜਸਥਾਨ ਜੁਡੀਸ਼ੀਅਲ ਸਰਵਿਸਿਜ਼ ਲਈ ਮੁਕਾਬਲੇ ਦੀ ਪ੍ਰੀਖਿਆ ਦੇਣ ਲਈ ਜੋਧਪੁਰ ਗਈ ਸੀ, ਜਿੱਥੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਨੇ ਉਸ ਨੂੰ ਪੇਪਰ ਦੇਣ ਲਈ ਕਿਰਪਾਨ ਉਤਾਰਨ ਲਈ ਕਿਹਾ।

ਪਰ ਸਿੱਖ ਕੁੜੀ ਨੇ ਇਸ ‘ਤੇ ਇਤਰਾਜ਼ ਜਤਾਇਆ ਅਤੇ ਕਿਰਪਾਨ ਨਹੀਂ ਉਤਾਰੀ, ਜਿਸ ਕਰਕੇ ਉਹ ਪ੍ਰੀਖਿਆ ਨਹੀਂ ਦੇ ਸਕੀ। ਬਲਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਰਾਜਸਥਾਨ ਹਾਈਕੋਰਟ ਜੋਧਪੁਰ ਵਿੱਚ ਪਟੀਸ਼ਨ ਵੀ ਪਾਈ ਗਈ ਹੈ ਅਤੇ ਇਨਸਾਫ਼ ਲਈ ਕਾਨੂੰਨੀ ਲੜਾਈ ਲੜੀ ਜਾਵੇਗੀ।

ਬਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਧੀ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਨੂੰ ਅਜਿਹੇ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ। ਐਡਵੋਕੇਟ ਅਰਮਾਨਜੋਤ ਕੌਰ ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਦੇ ਅਧੀਨ ਕਾਨੂੰਨ ਦੀ ਪ੍ਰੈਕਟਿਸ ਕਰ ਰਹੀ ਹੈ ਅਤੇ ਦੇਸ਼ ਵਿੱਚ ਨਿਆਂਪਾਲਿਕਾ ਦੀ ਸੇਵਾ ਕਰਨ ਲਈ ਉਤਸੁਕ ਹੈ।

 

Exit mobile version