The News Post Punjab

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਦੂਜੇ ਦਿਨ ਵੀ ਖੜਕਾ-ਦੜਕਾ, ਵਿਰੋਧੀਆਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਅੱਜ ਦੂਜੇ ਦਿਨ ਖੜਕਾ-ਦੜਕਾ ਜਾਰੀ ਹੈ। ਸਿਫ਼ਰ ਦੌਰਾਨ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ ਤੇ ਉਪਕਰਨਾਂ ਦੀ ਘਾਟ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ 10 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਥਿਤੀ ਵਿੱਚ ਸੁਧਾਰ ਨਹੀਂ ਹੋਇਆ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਮੇਰੇ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਖੁਦ ਇਸ ਗੱਲ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 5 ਵੱਡੇ ਕਮਿਊਨਿਟੀ ਹੈਲਥ ਸੈਂਟਰਾਂ ਦਾ ਦੌਰਾ ਕੀਤਾ ਜਾਏ। ਉਨ੍ਹਾਂ ਦੀਆਂ ਕਮੀਆਂ ਨੂੰ ਵੀ ਦੂਰ ਕੀਤਾ ਜਾਵੇ। ਇਸ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਕਾਦੀਆਂ ਵਿੱਚ ਸਭ ਤੋਂ ਵੱਧ ਕਮਿਊਨਿਟੀ ਹੈਲਥ ਸੈਂਟਰ ਹਨ। ਇੱਥੇ ਸਭ ਤੋਂ ਵੱਧ ਸਟਾਫ਼ ਹੈ।

ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਦਮਪੁਰ ਏਅਰਪੋਰਟ ਰੋਡ ਨੂੰ ਚਾਰ ਮਾਰਗੀ ਬਣਾਉਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਸ ਸੜਕ ਦਾ ਕੰਮ ਰੁਕ ਗਿਆ ਹੈ। ਜਦੋਂਕਿ ਇਸ ਸੜਕ ਤੋਂ ਪੰਜਾਬ ਹੀ ਨਹੀਂ ਕਈ ਰਾਜਾਂ ਨੂੰ ਵੀ ਫਾਇਦਾ ਹੋਣ ਵਾਲਾ ਹੈ। ਇਸ ਦੇ ਜਵਾਬ ਵਿੱਚ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਸੜਕ ਨੂੰ ਚਹੁੰ-ਮਾਰਗੀ ਕਰਨ ਲਈ 4140 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਤੇ 4.30 ਕਿਲੋਮੀਟਰ ਦਾ ਕੰਮ ਸ਼ੁਰੂ ਕੀਤਾ ਗਿਆ। ਇਹ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਹ ਕੰਮ 31 ਦਸੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਜਿੱਥੋਂ ਤੱਕ ਇਸ ਸੜਕ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦਾ ਸਬੰਧ ਹੈ, ਇਸ ਸਬੰਧੀ ਅਜੇ ਤੱਕ ਕੋਈ ਪ੍ਰਸਤਾਵ ਨਹੀਂ ਪਰ ਉਹ ਇਸ ਨੂੰ ਮੁੱਖ ਮੰਤਰੀ ਦੇ ਸਾਹਮਣੇ ਆਪਣੇ ਪੱਧਰ ‘ਤੇ ਉਠਾਉਣਗੇ। ਇਸ ’ਤੇ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਸਾਰੇ ਦਸਤਾਵੇਜ਼ ਵਿਭਾਗ ਨੂੰ ਸੌਂਪ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਇਸ ਮੌਕੇ ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਇਸ ਵਾਰ ਸੈਸ਼ਨ ਦਾ ਸਮਾਂ ਘੱਟ ਹੈ। ਇਸ ਦੀ ਮਿਆਦ ਵਧਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੀ ਗੈਂਗਸਟਰਾਂ ਨੂੰ ਪਨਾਹ ਦਿੱਤੀ ਜਾ ਰਹੀ ਹੈ। ਲਾਰੈਂਸ ਮਾਮਲੇ ‘ਚ SIT ਦੀ ਰਿਪੋਰਟ ਆਈ ਹੈ। ਉਸ ਨੂੰ ਸੈਸ਼ਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।

Exit mobile version