ਅੱਜ ਤੋਂ ਪੰਜਾਬ ਦਾ ਮੌਸਮ ਮੁੜ ਵਿਗੜ ਗਿਆ ਹੈ ਕਿਉਂਕਿ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਜਦਕਿ ਬਾਕੀ 5 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਅਗਲੇ ਦੋ ਦਿਨ ਪੱਛਮੀ ਗੜਬੜੀ ਸਰਗਰਮ ਰਹਿਣ ਵਾਲੀ ਹੈ। ਇਸ ਕਰਕੇ ਮੌਸਮ ਕਰਵਟ ਲੈ ਰਿਹਾ ਹੈ। ਪੱਛਮੀ ਗੜਬੜੀ ਕਾਰਨ ਬਾਰਸ਼ ਤੇ ਗੜ੍ਹੇਮਾਰੀ ਹੋ ਸਕਦੀ ਹੈ। ਇਸ ਨਾਲ ਇੱਕ ਵਾਰ ਮੁੜ ਪਾਰਾ ਹੇਠਾਂ ਆਏਗਾ। ਹਿਮਾਚਲ ਵਿੱਚ ਮੀਂਹ ਤੇ ਬਰਫ਼ਬਾਰੀ ਕਾਰਨ ਵੀ ਪੰਜਾਬ ਵਿੱਚ ਠੰਢ ਵਧੇਗੀ।
ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ ਵਿੱਚ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 14 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਅੱਜ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 11 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਵਿੱਚ ਅੱਜ ਆਸਮਾਨ ‘ਚ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 12 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਇਸ ਦੇ ਨਾਲ ਹੀ ਮੁਹਾਲੀ ਵਿੱਚ ਅੱਜ ਆਸਮਾਨ ‘ਚ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 13 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 12 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
